Friday, April 2, 2010

ਗਾਂਧੀ ਨੂੰ ਹਰ ਨੋਟ ਤੇ ਲਾਇਆ ਭਗਤ, ਸਰਾਭਾ, ਗਿਆ ਭੁਲਾਇਆ


ਦੇਸ ਪੰਜਾਬ ਨੂੰ, ਫੇਰਾ ਪਾਇਆ
ਮੁੜ ਕੇ ਸਭ ਕੁਝ, ਚੇਤੇ ਆਇਆ
ਬੇਲੀ ਮਿੱਤਰ, ਖੂਹ ਦੀਆਂ ਗੱਲਾਂ
ਵਗਦਾ ਪਾਣੀ, ਨੱਚਦੀਆਂ ਛੱਲਾਂ
ਸੱਥ ਵਿੱਚ ਹੱਸਦੇ, ਬਾਬੇ ਪੋਤੇ
ਕੁਝ ਲਿਬੜੇ ਕੁਝ, ਨਾਹਤੇ ਧੋਤੇ
ਤਾਸ਼ ਦੀ ਬਾਜ਼ੀ, ਛੂਹਣ ਛੁਹਾਈਆਂ
ਬੋੜ੍ਹ ਦੀ ਛਾਵੇਂ, ਮੱਝੀਆਂ ਗਾਈਆਂ
ਚੇਤੇ ਕਰ ਕੇ, ਮਨ ਭਰ ਆਇਆ
.....
ਪਿੰਡਾਂ ਦੀ ਹੁਣ, ਸ਼ਕਲ ਬਦਲ ਗਈ
ਲੋਕਾਂ ਦੀ ਹੁਣ, ਅਕਲ ਬਦਲ ਗਈ
ਖੇਤੀ ਦੇ ਹੁਣ, ਸੰਦ ਬਦਲ ਗਏ
ਕੰਮ ਦੇ ਵੀ ਹੁਣ, ਢੰਗ ਬਦਲ ਗਏ
ਟਾਹਲੀ ਤੇ ਕਿੱਕਰਾਂ ਮੁੱਕ ਗਈਆਂ
ਤੂਤ ਦੀਆਂ ਨਾ, ਝਲਕਾਂ ਪਈਆਂ
ਸੱਥ ਵਿੱਚ ਹੁਣ ਨਾ, ਮਹਿਫ਼ਲ ਲੱਗਦੀ
ਬਿਜਲੀ ਅੱਗੇ, ਵਾਂਗ ਹੈ ਭੱਜਦੀ
ਪਿੰਡ ਵੇਖ ਕੇ, ਚਾਅ ਚੜ੍ਹ ਆਇਆ
.....
ਸ਼ਹਿਰੀ ਸੜਕ ਨੂੰ, ਸੁਰਤ ਹੈ ਆਈ
ਪਿੰਡਾਂ ਦੀ ਪਰ, ਪਈ ਤੜਫਾਈ
ਬਾਈਪਾਸਾਂ ਤੇ, ਟੋਲ ਨੇ ਲੱਗੇ
ਐਪਰ ਬੰਦਾ, ਪਹੁੰਚੇ ਝੱਬੇ
ਮਹਿੰਗਾਈ ਨੇ, ਵੱਟ ਹਨ ਕੱਢੇ
ਤਾਂਹੀਂ ਮਿਲਾਵਟ, ਜੜ੍ਹ ਨਾ ਛੱਡੇ
ਵਿਓਪਾਰੀ ਹੈ, ਹੱਸਦਾ ਗਾਉਂਦਾ
ਮਾੜਾ ਰੋਂਦਾ, ਘਰ ਨੂੰ ਆਉਂਦਾ
ਅਜੇ ਰੁਪਈਆ, ਪਿਆ ਕੁਮਲ਼ਾਇਆ
ਭਾਰਤ ਨੇ ਹੋਰ, ਦਗਾ ਕਮਾਇਆ
ਗਾਂਧੀ ਨੂੰ ਹਰ, ਨੋਟ ਤੇ ਲਾਇਆ
ਭਗਤ, ਸਰਾਭਾ, ਗਿਆ ਭੁਲਾਇਆ.....................


ਲੇਖਕ                                                       ਧੰਨਵਾਦ
ਜਸਦੀਪ ਕੌਰ                                        ਸੁਨੀਲ ਕਟਾਰੀਆ

2 comments:

  1. This comment has been removed by the author.

    ReplyDelete
  2. ਜਸਦੀਪ ਕੌਰ ਦੀ ਬਹੁਤ ਵਧੀਆ ਰਚਨਾ ਨਾਲ ਰੂਬਰੂ ਕਰਵਾਉਣ ਦੇ ਲਈ ਸੁਨੀਲ ਕਟਾਰੀਆ ਜੀ, ਤੁਹਾਡਾ ਬਹੁਤ ਬਹੁਤ ਸ਼ੁਕਰੀਆ।

    ReplyDelete